ਸ੍ਰੀ ਫ਼ਤਹਿਗੜ੍ਹ ਸਾਹਿਬ/4 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਐਸ.ਸੀ. ਭਾਈਚਾਰੇ ਦੇ ਪਰਿਵਾਰਾਂ ਵੱਲੋਂ ਲਏ ਗਏ ਕਰੀਬ 67 ਕਰੋੜ ਰੁਪਏ ਦੇ ਕਰਜ਼ੇ ਮਾਫ ਕਰਕੇ ਆਪਣਾ ਵਾਅਦਾ ਪੂਰਾ ਕੀਤਾ ਹੈ ਜਿਸ ਨਾਲ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਬੱਚਤ ਭਵਨ ਵਿਖੇ ਐਸ.ਸੀ. ਭਾਈਚਾਰੇ ਦੇ ਪਰਿਵਾਰਾਂ ਵੱਲੋਂ ਐਸ.ਸੀ. ਕਾਰਪੋਰੇਸ਼ਨ ਵੱਲੋਂ ਲਏ ਗਏ ਕਰਜ਼ਿਆਂ ਦੇ ਕਰਜ਼ਾ ਮਾਫੀ ਪ੍ਰਮਾਣ ਪੱਤਰ ਵੰਡਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਐਸ.ਸੀ. ਭਾਈਚਾਰੇ ਦੇ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਹਰੇਕ ਵਰਗ ਦੇ ਲੋਕਾਂ ਦਾ ਸਾਥ ਦਿੱਤਾ ਹੈ ।
ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਕਰਜ਼ਾ ਮਾਫੀ ਸਕੀਮ ਤਹਿਤ ਫ਼ਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਦੇ 68 ਪਰਿਵਾਰਾਂ ਦਾ ਲਗਭਗ 90 ਲੱਖ ਦਾ ਕਰਜ਼ਾ ਮਾਫ ਹੋਇਆ ਹੈ। ਉਨ੍ਹਾਂ ਕਿਹਾ ਕਿ ਐਸ.ਸੀ. ਭਾਈਚਾਰੇ ਨਾਲ ਸਬੰਧਤ ਹਲਕੇ ਦੇ ਲੋਕ ਕਰਜ਼ੇ ਨਾ ਅਦਾ ਕਰ ਸਕਣ ਕਾਰਨ ਅਕਸਰ ਮਾਨਸਿਕ ਪ੍ਰੇਸ਼ਾਨੀ ਵਿੱਚ ਰਹਿੰਦੇ ਸਨ ਅਤੇ ਹੁਣ ਉਨ੍ਹਾਂ ਦਾ ਕਰਜ਼ਾ ਮਾਫ ਕਰਕੇ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਰਜ਼ੇ ਮਾਫ ਕਰਨ ਸਬੰਧੀ ਸਮੂਹ ਵਿਧਾਇਕਾਂ ਵੱਲੋਂ ਸਮੇਂ-ਸਮੇਂ ਸਿਰ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਜਾ ਰਹੀ ਸੀ ਅਤੇ ਮੁੱਖ ਮੰਤਰੀ ਨੇ ਮੰਗ ਪੂਰੀ ਕਰਕੇ ਲੋਕਾਂ ਦੇ ਸਿਰਾਂ ਤੋਂ ਕਰਜ਼ੇ ਦੀ ਪੰਡ ਲਾਹੀ ਹੈ।ਵਿਧਾਇਕ ਨੇ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਪੰਜਾਬ ਸਰਕਾਰ ਨੇ 600 ਯੁਨਿਟ ਬਿਜਲੀ ਮਾਫ ਕਰਕੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਉਸੇ ਤਰਜ਼ ਤੇ ਐਸ.ਸੀ. ਭਾਈਚਾਰੇ ਦਾ ਕਰਜ਼ਾ ਮਾਫ ਕਰਕੇ ਵੀ ਲੋਕਾਂ ਨੂੰ ਕਰਜ਼ੇ ਤੋਂ ਨਿਜਾਤ ਦਿਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾਂ ਹੀ ਪੰਜਾਬ ਨੂੰ ਹਸਦਾ, ਵਸਦਾ ਤੇ ਰੰਗਲਾ ਬਣਾਉਣ ਲਈ ਇਤਿਹਾਸਕ ਫੈਸਲੇ ਕੀਤੇ ਹਨ ਅਤੇ ਹੁਣ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਰਜ਼ੇ ਮਾਫ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਇਸ ਮੌਕੇ ਐਸ.ਸੀ. ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਦਲਜੀਤ ਕੌਰ ਸਿੱਧੂ, ਸਹਾਇਕ ਜ਼ਿਲ੍ਹਾ ਮੈਨੇਜਰ ਸਤਵਿੰਦਰ ਸਿੰਘ, ਕੰਵਰਬੀਰ ਸਿੰਘ ਰਾਏ, ਅਮਰੀਕ ਸਿੰਘ ਬਾਲਪੁਰ, ਕੁਲਵਿੰਦਰ ਸਿੰਘ ਡੇਰਾ, ਰਵੀ ਚੀਮਾ ਹਰਲਾਲਪੁਰ, ਰਾਜਦਵਿੰਦਰ ਸਿੰਘ ਲਾਡੀ ਖਰੇ, ਰਮੇਸ਼ ਕੁਮਾਰ ਸੋਨੂੰ, ਬਹਾਦਰ ਅਲੀ, ਦੀਪਕ ਬਾਤਿਸ਼, ਗੁਰਜੀਤ ਸਿੰਘ ਬਿੱਟਾ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜਰ ਸਨ।