ਚੰਡੀਗੜ੍ਹ, 12 ਜੁਲਾਈ
ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਅਤੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ਇਹ ਦੋਵੇਂ ਪਾਰਟੀਆਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਬਚਾਉਣ ਲਈ ਆਪਸ ਵਿੱਚ ਮਿਲ।ਕੇ ਕੰਮ ਕਰ ਰਹੀਆਂ ਹਨ ਅਤੇ ਝੂਠੀਆਂ ਐਫਆਈਆਰਜ਼ ਅਤੇ ਰਾਜਨੀਤਿਕ ਦਬਾਅ ਰਾਹੀਂ ਨਸ਼ਿਆਂ ਵਿਰੁੱਧ 'ਆਪ' ਦੀ ਲੜਾਈ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆ ਮੰਤਰੀ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂ ਹੁਣ ਝੂਠੀਆਂ ਐਫਆਈਆਰ ਦਰਜ ਕਰਕੇ 'ਆਪ' ਨੂੰ ਚੁੱਪ ਕਰਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਖੁਲਾਸਾ ਕੀਤਾ, "ਅਸੀਂ ਦੋ ਦਿਨਾਂ ਵਿਧਾਨ ਸਭਾ ਸੈਸ਼ਨ ਦਾ ਐਲਾਨ ਕੀਤਾ, ਜਿਸ ਤੋਂ ਘਬਰਾ ਕੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਚੰਡੀਗੜ੍ਹ ਪੁਲਿਸ ਕੋਲ ਪਹੁੰਚ ਕੇ ਔਨਲਾਈਨ ਸ਼ਿਕਾਇਤ ਦਰਜ ਕਰਵਾਈ। ਸਿਰਫ਼ 24 ਘੰਟਿਆਂ ਵਿੱਚ, ਮੇਰੇ ਅਤੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ।"
ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਰਾਜਪਾਲ ਦੁਆਰਾ ਸ਼ਾਸਿਤ ਚੰਡੀਗੜ੍ਹ ਪੁਲਿਸ 'ਤੇ ਦੋਸ਼ ਲਗਾਇਆ ਕਿ ਉਹ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਐਫਆਈਆਰ ਦਰਜ ਕਰ ਰਹੇ ਹਨ ਜਦੋਂ ਕਿ ਕਈ ਹਜ਼ਾਰਾਂ ਸ਼ਿਕਾਇਤਾਂ ਪਹਿਲਾਂ ਹੀ ਪੈਂਡਿੰਗ ਹਨ। ਉਨ੍ਹਾਂ ਨੇ ਅਦਾਲਤ ਵਿੱਚ ਜਮ੍ਹਾ ਕਰਵਾਏ ਗਏ ਚੰਡੀਗੜ੍ਹ ਪੁਲਿਸ ਦੇ ਹਲਫ਼ਨਾਮੇ ਤੋਂ ਅਧਿਕਾਰਤ ਅੰਕੜਿਆਂ ਦਾ ਹਵਾਲਾ ਦਿੱਤਾ ਅਤੇ ਦੱਸਿਆ ਕਿ 15 ਮਈ, 2024 ਤੱਕ, 7,067 ਸ਼ਿਕਾਇਤਾਂ ਪੈਂਡਿੰਗ ਸਨ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਾਈਬਰ ਅਪਰਾਧ, ਧੋਖਾਧੜੀ ਅਤੇ ਚੋਰੀ ਨਾਲ ਸਬੰਧਤ ਸਨ।
ਚੀਮਾ ਨੇ ਕਿਹਾ ਕਿ 2017 ਵਿੱਚ, ਕਾਂਗਰਸ ਨੇ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਅਤੇ ਉਨ੍ਹਾਂ ਦੇ ਮੁੱਖ ਮੰਤਰੀ ਨੇ ਤਲਵੰਡੀ ਸਾਬੋ ਨੇੜੇ ਇੱਕ ਰੈਲੀ ਵਿੱਚ ਪਵਿੱਤਰ ਗੁਟਕਾ ਸਾਹਿਬ 'ਤੇ ਸਹੁੰ ਚੁੱਕੀ ਸੀ। ਪਰ ਪੰਜ ਸਾਲ ਬੀਤ ਗਏ ਪਰ ਕਾਂਗਰਸ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ 2022 ਵਿੱਚ ਦੁਬਾਰਾ ਚੋਣਾਂ ਹੋਈਆਂ ਤਾਂ ਪੰਜਾਬ ਦੇ ਲੋਕਾਂ ਨੇ 'ਆਪ' ਵਿੱਚ ਵਿਸ਼ਵਾਸ ਪ੍ਰਗਟ ਕੀਤਾ ਅਤੇ ਉਸ ਨੂੰ ਇਤਿਹਾਸਕ ਫਤਵਾ ਦਿੱਤਾ ਅਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ।
ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ 'ਆਪ' ਸਰਕਾਰ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਨਸ਼ਿਆਂ ਵਿਰੁੱਧ ਇੱਕ ਨਿਰੰਤਰ ਮੁਹਿੰਮ ਚਲਾ ਰਹੀ ਹੈ, ਜੋ ਪਿਛਲੇ ਤਿੰਨ ਮਹੀਨਿਆਂ ਵਿੱਚ ਇੱਕ ਵਿਆਪਕ ਯੁੱਧ, 'ਯੁੱਧ ਨਸ਼ਿਆਂ ਵਿਰੁਧ' ਵਿੱਚ ਬਦਲ ਗਈ ਹੈ। ਉਨ੍ਹਾਂ ਕਿਹਾ, "ਅਸੀਂ ਕਿਸੇ ਨੂੰ ਵੀ ਨਹੀਂ ਬਖਸ਼ ਰਹੇ। ਗੈਰ-ਕਾਨੂੰਨੀ ਤੌਰ 'ਤੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਰਿਹਾ ਹੈ। ਇੱਕ ਕੈਬਨਿਟ ਸਬ-ਕਮੇਟੀ ਬਣਾਈ ਗਈ ਸੀ, ਜਿਸਦੀ ਮੈਂ ਅਗਵਾਈ ਕਰ ਰਿਹਾ ਹਾਂ, ਅਤੇ ਅਸੀਂ ਪੰਜਾਬ ਭਰ ਦੇ ਪੁਲਿਸ ਥਾਣਿਆਂ ਦਾ ਦੌਰਾ ਕੀਤਾ।"
ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ 'ਆਪ' ਨੇ ਸਰਹੱਦ ਪਾਰ ਨਸ਼ੇ ਤਸਕਰੀ ਨੂੰ ਰੋਕਣ ਲਈ ਡਰੋਨ ਪ੍ਰਣਾਲੀਆਂ ਨੂੰ ਲਾਗੂ ਕੀਤਾ ਅਤੇ ਕਿਹਾ ਕਿ ਜਦੋਂ ਵੀ ਕੋਈ ਕਾਰਵਾਈ ਕੀਤੀ ਜਾਂਦੀ ਹੈ, ਤਾਂ ਕਾਂਗਰਸ, ਭਾਜਪਾ ਅਤੇ ਅਕਾਲੀ ਆਗੂ ਤੋੜ-ਫੋੜ 'ਤੇ ਸਵਾਲ ਉਠਾਉਣਾ ਸ਼ੁਰੂ ਕਰ ਦਿੰਦੇ ਹਨ ਅਤੇ ਨਸ਼ਾ ਤਸਕਰਾਂ ਦਾ ਬਚਾਅ ਕਰਦੇ ਹਨ।
ਚੀਮਾ ਨੇ ਅਬੋਹਰ ਵਿੱਚ ਇੱਕ ਕੱਪੜਾ ਵਪਾਰੀ ਦੇ ਹਾਲ ਹੀ ਵਿੱਚ ਹੋਏ ਕਤਲ ਦਾ ਵੀ ਹਵਾਲਾ ਦਿੱਤਾ, ਜਿਸਦੀ ਜ਼ਿੰਮੇਵਾਰੀ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਹੈ। ਉਨ੍ਹਾਂ ਦੋਸ਼ ਲਾਇਆ ਅਤੇ ਪੁਛਿਆ "ਉਹ ਜੇਲ੍ਹ ਭਾਜਪਾ ਸਰਕਾਰ ਦੇ ਕੰਟਰੋਲ ਹੇਠ ਹੈ। ਗੁਜਰਾਤ ਤੋਂ ਪੂਰੇ ਭਾਰਤ ਦੇ ਕਾਰੋਬਾਰੀਆਂ ਨੂੰ ਧਮਕੀਆਂ ਦੇਣ ਲਈ ਫੋਨ ਕਿਉਂ ਆ ਰਹੇ ਹਨ? ਗੁਜਰਾਤ ਦੀਆਂ ਜੇਲ੍ਹਾਂ ਤੋਂ ਕਾਰੋਬਾਰੀਆਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਭਾਜਪਾ ਵੱਲ ਧੱਕਣ ਲਈ ਇੱਕ ਵੱਡਾ ਰੈਕੇਟ ਚਲਾਇਆ ਜਾ ਰਿਹਾ ਹੈ।"
ਮੰਤਰੀ ਨੇ ਚੇਤਾਵਨੀ ਦਿੱਤੀ ਕਿ 'ਆਪ' ਸਰਕਾਰ ਗੈਂਗਸਟਰਵਾਦ ਅਤੇ ਡਰੱਗ ਮਾਫੀਆ ਦਾ ਪਰਦਾਫਾਸ਼ ਅਤੇ ਖਾਤਮਾ ਕਰਨਾ ਜਾਰੀ ਰੱਖੇਗੀ। ਚੀਮਾ ਨੇ ਕਿਹਾ
"ਕਾਂਗਰਸ ਅਤੇ ਭਾਜਪਾ ਅਪਰਾਧੀਆਂ ਨੂੰ ਬਚਾਉਣ ਲਈ ਇੱਕਜੁੱਟ ਹਨ, ਪਰ ਅਸੀਂ ਪੰਜਾਬ ਦੇ ਲੋਕਾਂ ਨਾਲ ਇੱਕਜੁੱਟ ਹਾਂ। 'ਆਪ' ਪਿੱਛੇ ਨਹੀਂ ਹਟੇਗੀ। ਅਸੀਂ ਸੱਚਾਈ, ਨਿਆਂ ਅਤੇ ਪੰਜਾਬ ਦੇ ਭਵਿੱਖ ਲਈ ਲੜਦੇ ਰਹਾਂਗੇ।