ਸ੍ਰੀ ਫ਼ਤਹਿਗੜ੍ਹ ਸਾਹਿਬ/15 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਉਲੀਕੇ ਜਾਣ ਵਾਲੇ ਸਮਾਗਮਾਂ ਦੀ ਤਿਆਰੀ ਹਿਤ ਇੱਕ ਵਿਸ਼ੇਸ਼ ਇਕੱਤਰਤਾ ਰੱਖੀ ਗਈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ ’ਤੇ ਚੇਅਰ ਸਥਾਪਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ, ਜਿਸ ਦਾ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਸਬੰਧੀ ਅੰਤਰਰਾਸ਼ਟਰੀ ਪੱਧਰ ਤੇ ਸੈਮੀਨਾਰ ਕਰਵਾਇਆ ਜਾਵੇਗਾ ਜਿਸ ਵਿੱਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਕਾਲੀ ਪਰਿਪੇਖ ਵਿੱਚ ਸਮਝਣ ਦਾ ਯਤਨ ਕੀਤਾ ਜਾਵੇਗਾ। ਗੁਰੂ ਸਾਹਿਬ ਬਾਰੇ ਆਨਲਾਈਨ ਪਲੇਟਫਾਰਮ ਤੇ ਪ੍ਰਾਪਤ ਜਾਣਕਾਰੀ ਦਾ ਅਧਿਐਨ ਅਤੇ ਮੁਲਾਂਕਣ ਕਰਦਿਆਂ ਲੋੜੀਂਦੀ ਸੋਧ ਅਤੇ ਵਾਧੇ ਲਈ ਉਪਰਾਲੇ ਕੀਤੇ ਜਾਣਗੇ। ਹੁਣ ਜਦੋਂ ਕਿ ਆਨਲਾਈਨ ਜਾਣਕਾਰੀ ਸਾਡੇ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕਿਆ ਹੈ ਤਾਂ ਆਨਲਾਈਨ ਜਾਣਕਾਰੀ ਦਰੁਸਤ ਅਤੇ ਸਟੀਕ ਹੋਣਾ ਬੇਹਦ ਜਰੂਰੀ ਹੋ ਗਿਆ ਹੈ। ਉਹਨਾਂ ਆਖਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸੰਦੇਸ਼ ਵਿਚਲੀ ਸਰਬ ਸਾਂਝੀਵਾਲਤਾ, ਸੁਤੰਤਰਤਾ ਅਤੇ ਬਰਾਬਰੀ ਦਾ ਸੁਨੇਹਾ ਠੀਕ ਇਤਿਹਾਸਿਕ ਤੱਥਾਂ ਦੀ ਲੋਹ ਵਿੱਚ ਪੇਸ਼ ਕੀਤੇ ਜਾਣ ਦੀ ਲੋੜ ਹੈ। ਉਪਲਬਧ ਆਨਲਾਈਨ ਜਾਣਕਾਰੀ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਯੂਨੀਵਰਸਿਟੀ ਵੱਲੋਂ ਇੱਕ ਵਿਸ਼ੇਸ਼ ਪੈਨਲ ਬਣਾਇਆ ਜਾਵੇਗਾ।
ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ, ਯਾਤਰਾਵਾਂ ਅਤੇ ਬਾਣੀ ਸਬੰਧੀ ਯੂਨੀਵਰਸਿਟੀ ਵੱਲੋਂ ਇੱਕ ਪੰਜ ਰੋਜ਼ਾ ਵਰਕਸ਼ਾਪ ਉਲੀਕੀ ਗਈ ਹੈ ਜਿਸ ਵਿੱਚ ਵੱਖ-ਵੱਖ ਮਾਹਿਰ ਵਿਦਵਾਨਾਂ ਦੇ ਭਾਸ਼ਣ ਤੋਂ ਇਲਾਵਾ ਹੁਣ ਤੱਕ ਹੋ ਚੁੱਕੇ ਅਧਿਐਨ ਅਤੇ ਪ੍ਰਕਾਸ਼ਨ ਕਾਰਜ ਦੇ ਮੁਲਾਂਕਣ ਕੀਤਾ ਜਾਵੇਗਾ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵੱਲੋਂ ਇੱਕ ਕੋਮਾਂਤਰੀ ਪੱਧਰ ਦਾ ਵਿਸ਼ੇਸ਼ ਸੈਮੀਨਾਰ ਨੌਵੇਂ ਪਾਤਸ਼ਾਹ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਨੌਵੇਂ ਪਾਤਸ਼ਾਹ ਦੇ ਜੀਵਨ ਬਾਣੀ ਅਤੇ ਸੰਦੇਸ਼ ਨੂੰ ਪ੍ਰਗਟ ਕਰਨ ਦੀ ਇਕ ਖੋਜ ਪੁਸਤਕ ਪ੍ਰਕਾਸ਼ਿਤ ਕੀਤੀ ਜਾਵੇਗੀ ਜਿਸ ਰਾਹੀਂ ਮਨੁੱਖਤਾ ਨੂੰ ਦਰਪੇਸ਼ ਸਮਕਾਲੀ ਚੁਣੌਤੀਆਂ ਦੇ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ।