ਮਾਲੇਰਕੋਟਲਾ, 18 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ।
ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਉਨ੍ਹਾਂ ਲੋਕਾਂ ਦੀ ਸਰਪ੍ਰਸਤੀ ਹੇਠ ਵਧਿਆ-ਫੁੱਲਿਆ, ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਸੇਵਾ ਲਈ ਚੁਣਿਆ ਸੀ ਪਰ ਬਦਕਿਸਮਤੀ ਨਾਲ ਉਹ ਆਪਣੀਆਂ ਸਰਕਾਰੀ ਕਾਰਾਂ ਵਿੱਚ ਨਸ਼ੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਪਣੇ ਸ਼ਾਸਨ ਦੇ ਦਿਨਾਂ ਦੌਰਾਨ ਸਭ ਤੋਂ ਵੱਧ ਤਾਕਤ ਸੀ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਨੂੰ ਛੂਹਣ ਦੀ ਹਿੰਮਤ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਜਵਾਨੀ ਦਾ ਘਾਣ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਬਾਦਲ-ਮਜੀਠੀਆ ਪਰਿਵਾਰ ਵਿੱਚ ਸਭ ਕੁਝ ਠੀਕ ਨਹੀਂ ਹੈ ਕਿਉਂਕਿ ਸੱਤਾ ਦੀ ਲੜਾਈ ਕਾਰਨ ਅੰਦਰੂਨੀ ਝਗੜਾ ਸਿਖ਼ਰ ਤੇ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਆਪਸੀ ਫੁੱਟ ਦੇ ਸ਼ਿਕਾਰ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਦੇ ਆਗੂ ਸੱਤਾ ਲਈ ਆਪਸ ਵਿੱਚ ਝਗੜਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਤਾ ਦੇ ਭੁੱਖੇ ਸਿਆਸਤਦਾਨ ਸੱਤਾ ਤੋਂ ਬਿਨਾਂ ਬੇਚੈਨ ਹੋ ਰਹੇ ਹਨ ਕਿਉਂਕਿ ਲੋਕਾਂ ਨੇ ‘ਆਪ ਨੂੰ ਚੁਣਨ ਲਈ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਈ ਲੋਕ ਪੱਖੀ ਫੈਸਲੇ ਲਵੇਗੀ, ਜਿਸ ਨਾਲ ਸਾਰਿਆਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਇਕ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਸਮੇਂ ਦੀ ਲੋੜ ਹੈ।
ਬੇਅਦਬੀ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੋਮਵਾਰ ਨੂੰ ਸਰਕਾਰ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਸਬੰਧੀ ਅਪਰਾਧਾਂ ਦੀ ਰੋਕਥਾਮ ਬਿੱਲ 2025’ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਸੰਵੇਦਨਸ਼ੀਲ ਅਤੇ ਨਾਜ਼ੁਕ ਮੁੱਦਾ ਸਾਰੇ ਪੰਜਾਬੀਆਂ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੋਵਾਂ ਲਈ ਦੂਰਗਾਮੀ ਪ੍ਰਭਾਵ ਪਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਰੋਕਣ ਲਈ ਸਖ਼ਤ ਸਜ਼ਾ ਜ਼ਰੂਰੀ ਹੈ
ਮੁੱਖ ਮੰਤਰੀ ਨੇ ਕਿਹਾ ਕਿ ਖ਼ਰਾਬ ਮੌਸਮ ਦੇ ਬਾਵਜੂਦ ਇਸ ਸਮਾਗਮ ਵਿੱਚ ਪੁੱਜਣ ਵਾਲੇ ਲੋਕਾਂ ਦੇ ਉਹ ਕਰਜ਼ਦਾਰ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਵੀ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬੇ ਦਾ ਸ਼ਾਸਨ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਜਨਤਕ ਮਹੱਤਵ ਵਾਲੇ ਅਜਿਹੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਰਦਾਸ਼ਤ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਭ੍ਰਿਸ਼ਟ ਅਧਿਕਾਰੀ ਨੂੰ ਨੱਥ ਪਾਈ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਲਈ ਜੋਸ਼ ਨਾਲ ਕੰਮ ਕਰ ਰਹੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਹਾਜ਼ਰ ਸਨ।