ਸ਼ਹਿਣਾ (ਬਰਨਾਲਾ), 19 ਜੁਲਾਈ
ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ।
ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਅੱਠ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਸ਼ਹਿਣਾ, ਧੌਲਾ, ਤਲਵੰਡੀ, ਮੱਝੂਕੇ, ਕੁਤਬਾ, ਦੀਵਾਨਾ, ਵਜੀਦਕੇ ਕਲਾਂ ਅਤੇ ਠੁੱਲ੍ਹੀਵਾਲ ਵਿਖੇ ਬਣੀਆਂ ਇਨ੍ਹਾਂ ਅੱਠ ਲਾਇਬ੍ਰੇਰੀਆਂ 'ਤੇ ਕੁੱਲ 2.80 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਲਾਇਬ੍ਰੇਰੀ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਦੀ ਸਹੂਲਤ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੇ ਵਿਦਿਆਰਥੀਆਂ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਮੀਦ ਜਗਾਈ ਹੈ। ਉਨ੍ਹਾਂ ਕਿਹਾ ਕਿ ਹੁਣ ਦੂਰ-ਦੁਰਾਡੇ ਦੇ ਪਿੰਡਾਂ ਦੇ ਵਿਦਿਆਰਥੀ ਆਪਣੇ ਪਿੰਡਾਂ ਵਿੱਚ ਰਹਿ ਕੇ ਕਿਤਾਬਾਂ ਰਾਹੀਂ ਦੁਨੀਆ ਭਰ ਦਾ ਗਿਆਨ ਹਾਸਲ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਮਿੱਥੇ ਟੀਚਿਆਂ ਨੂੰ ਹਾਸਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।
ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਾਰਥਕ ਰੂਪ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਸਮਰੱਥ ਬਣਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਬਹੁਤ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਮਾਰਗ ਦਰਸ਼ਨ ਕਰਨਗੀਆਂ ਅਤੇ ਸਾਡੇ ਨੌਜਵਾਨ ਅਫਸਰ, ਵਿਗਿਆਨੀ, ਡਾਕਟਰ, ਟੈਕਨੋਕਰੇਟ ਅਤੇ ਹੋਰ ਵੱਕਾਰੀ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ।