ਧੂਰੀ (ਸੰਗਰੂਰ), 21 ਜੁਲਾਈ
ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ।
ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਵਿੱਚ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਮਸਲਿਆਂ ਉੱਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂੰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਆਮਦਨ ਦੇ ਸਥਾਈ ਸਰੋਤ ਪੈਦਾ ਕਰ ਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਤਹਿਤ ਬਣਨ ਵਾਲੀਆਂ ਯੋਜਨਾਬੱਧ ਕਲੋਨੀਆਂ ਵਿੱਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਸੂਬੇ ਦੀ ਸਮੁੱਚੀ ਤਰੱਕੀ ਨੂੰ ਰਫ਼ਤਾਰ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇ ਕੇ ਹਰੇਕ ਆਮ ਆਦਮੀ ਨੂੰ ਲਾਭ ਪਹੁੰਚਾਏਗੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਐਕੁਆਇਰ ਕੀਤੀ ਜ਼ਮੀਨ ਉੱਤੇ ਸਮੁੱਚਾ ਵਿਕਾਸ ਪਾਰਦਰਸ਼ੀ ਤੇ ਕਾਨੂੰਨ ਮੁਤਾਬਕ ਹੋਵੇਗਾ।
‘ਯੁੱਧ ਨਸ਼ਿਆਂ ਵਿਰੁੱਧ’ ਸਕੀਮ ਨੂੰ ਸੂਬੇ ਦੇ ਮੱਥੇ ਉੱਤੇ ਲੱਗਿਆ ਦਾਗ ਧੋਣ ਲਈ ਪ੍ਰੇਰਕ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਾ ਸਪਲਾਈ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਲੋਕ ਨਾਭਾ ਜੇਲ੍ਹ ਜਾ ਕੇ ਇਨ੍ਹਾਂ ਦਾ ਹਸ਼ਰ ਦੇਖ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਇਸ ਖ਼ਤਰੇ ਦਾ ਮੁਕੰਮਲ ਸਫ਼ਾਇਆ ਨਹੀਂ ਹੋ ਜਾਂਦਾ।