ਸ੍ਰੀ ਫ਼ਤਹਿਗੜ੍ਹ ਸਾਹਿਬ/24 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ। ਉਨ੍ਹਾਂ ਟੀ.ਬੀ. ਕੰਟਰੋਲ ਪ੍ਰੋਗਰਾਮ, ਜਨਮ ਤੇ ਮੌਤ ਦੀ ਰਜਿਸਟਰੇਸ਼ਨ,ਆਭਾ ਆਈ.ਡੀ. ਬਣਾਉਣ ਸਬੰਧੀ, ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਸਿਹਤ ਸੇਵਾਵਾਂ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵੱਲੋਂ ਨਸ਼ਿਆਂ ਤੋਂ ਛੁਟਕਾਰਾ ਪਾਉਣ ਵਾਲੇ ਵਿਅਕਤੀਆਂ ਨੂੰ ਦਿੱਤੀਆਂ ਜਾ ਰਹੀ ਸਿਹਤ ਸੇਵਾਵਾਂ ਦੀ ਸਮੇਂ-ਸਮੇਂ ਤੇ ਜਾਂਚ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਮੀਨੀ ਪੱਧਰ ਤੇ ਸਫਲ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਸਬੰਧੀ ਵਿਸਥਾਰਤ ਰਿਪੋਰਟ ਵੀ ਭੇਜੀ ਜਾਵੇ।ਡਾ. ਸੋਨਾ ਥਿੰਦ ਨੇ ਸਿਵਲ ਸਰਜਨ ਨੂੰ ਇਹ ਵੀ ਕਿਹਾ ਕਿ ਸਰਕਾਰੀ ਨਸ਼ਾ ਛੁਡਾਉ ਤੇ ਮੁੜ ਵਸੇਬਾ ਕੇਂਦਰ ਵਿਖੇ ਇਲਾਜ ਅਧੀਨ ਵਿਅਕਤੀਆਂ ਨੂੰ ਮਾਨਸਿਕ ਤੇ ਸਰੀਰਕ ਪੱਖੋਂ ਤੰਦਰੁਸਤ ਰੱਖਣ ਲਈ ਯੋਗਾ ਦੀ ਨਿਰੰਤਰ ਸਿਖਲਾਈ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ੇਰ-ਏ-ਇਲਾਜ ਵਿਅਕਤੀਆਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਖੇਡ ਵਿਭਾਗ ਦੇ ਇੱਕ ਕੋਚ ਦੀ ਡਿਊਟੀ ਵੀ ਲਗਵਾਈ ਜਾਵੇ ਤਾਂ ਜੋ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਨਿਕਲ ਰਹੇ ਵਿਅਕਤੀ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਹੋਰ ਕਿਹਾ ਕਿ ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀ ਜਦੋਂ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਜ ਕਰਵਾਉਣ ਉਪਰੰਤ ਵਾਪਸ ਘਰਾਂ ਨੂੰ ਜਾਂਦੇ ਹਨ ਤਾਂ ਉਨ੍ਹਾਂ ਨਾਲ ਸੰਪਰਕ ਬਣਾ ਕੇ ਰੱਖਿਆ ਜਾਵੇ।ਡਿਪਟੀ ਕਮਿਸ਼ਨਰ ਨੇ ਫੂਡ ਸੁਰੱਖਿਆ ਵਿੰਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਖਾਣ ਪੀਣ ਦੀਆਂ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਦੁਕਾਨਾਂ ਤੇ ਸਟਾਲਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਦੁਕਾਨ ਤੋਂ ਲਏ ਗਏ ਸੈਂਪਲਾਂ ਵਿੱਚ ਕਿਸੇ ਕਿਸਮ ਦੀ ਮਿਲਾਵਟ ਪਾਈ ਜਾਂਦੀ ਹੈ ਤਾਂ ਇਸ ਸਬੰਧੀ ਲੋਕਾਂ ਨੂੰ ਵੀ ਦੱਸਿਆ ਜਾਵੇ ਤਾਂ ਜੋ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਨ ਵਾਲਿਆਂ ਤੇ ਨੱਥ ਪਾਈ ਜਾ ਸਕੇ। ਸਿਹਤ ਵਿਭਾਗ ਦੀ ਡਰੱਗ ਬ੍ਰਾਂਚ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੈਮਿਸਟ ਦੀਆਂ ਦੁਕਾਨਾਂ ਦੀ ਡੁੰਘਾਈ ਨਾਲ ਜਾਂਚ ਕਰਨੀ ਯਕੀਨੀ ਬਣਾਈ ਜਾਵੇ ਅਤੇ ਜੇਕਰ ਕਿਸੇ ਕੈਮਿਸਟ ਦੁਕਾਨਦਾਰ ਵੱਲੋਂ ਕਿਸੇ ਕਿਸਮ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।