ਸ੍ਰੀ ਫ਼ਤਹਿਗੜ੍ਹ ਸਾਹਿਬ/25 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਸਰਕਾਰ ਨੇ ਰਜਿਸਟਰੀ ਪ੍ਰਕਿਰਿਆ ਦੌਰਾਨ ਹੋਣ ਵਾਲੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਈਜੀ ਰਜਿਸਟਰੇਸ਼ਨ ਪ੍ਰੋਜੈਕਟ ਆਰੰਭ ਕੀਤਾ ਹੈ ਅਤੇ ਇਸ ਪ੍ਰੋਜੈਕਟ ਨੂੰ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸਫ਼ਲਤਾ ਨਾਲ ਲਾਗੂ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਜਿ਼ਲ੍ਹੇ ਦੀਆਂ ਤਹਿਸੀਲਾਂ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਾਲੇ ਡੀਡ ਰਾਈਟਰਾਂ, ਵਕੀਲਾਂ, ਟਾਈਪਿਸਟਾਂ ਤੇ ਪ੍ਰਾਪਰਟੀ ਡੀਲਰਾਂ ਨਾਲ ਮੀਟਿੰਗ ਕੀਤੀ ਅਤੇ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਬਾਰੇ ਜਾਣੂ ਕਰਵਾਇਆ। ਮੀਟਿੰਗ ਦੌਰਾਨ ਸਮੂਹ ਉਪ ਮੰਡਲ ਮੈਜਿਸਟਰੇਟ ਤੇ ਜਿ਼ਲ੍ਹਾ ਮਾਲ ਅਫ਼ਸਰ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਤਹਿਸੀਲਾਂ ਵਿੱਚ ਰਜਿਸਟਰੀਆਂ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਲੁੱਟ ਖਸੁੱਟ ਨੂੰ ਰੋਕਦੇ ਹੋਏ ਪਾਰਦਰਸ਼ੀ ਪ੍ਰਣਾਲੀ ਨਾਲ ਸਰਵੋਤਮ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਮੀਟਿੰਗ ਦੌਰਾਨ ਹਾਜ਼ਰ ਨੁਮਾਇੰਦਿਆਂ ਤੋਂ ਇਸ ਸਬੰਧੀ ਫੀਡਬੈਕ ਵੀ ਲਈ ਅਤੇ ਸਖ਼ਤ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਅਧਿਕਾਰੀ ਦੇ ਨਾਮ 'ਤੇ ਪੈਸੇ ਦੀ ਮੰਗ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਦੱਸਿਆ ਕਿ ਈਜੀ ਰਜਿਸਟਰੀ ਕਰਵਾਉਣ ਵਾਲੇ ਲਗਭਗ 5 ਫੀਸਦੀ ਬਿਨੇਕਾਰਾਂ ਨਾਲ ਉਹ ਖੁਦ ਫੋਨ 'ਤੇ ਰਾਬਤਾ ਕਰਕੇ ਫੀਡਬੈਕ ਲੈਂਦੇ ਹਨ ਕਿ ਈਜੀ ਰਜਿਸਟਰੇਸ਼ਨ ਪ੍ਰਕਿਰਿਆ ਦੌਰਾਨ ਕਿਸੇ ਪੜਾਅ 'ਤੇ ਕਿਸੇ ਵੱਲੋਂ ਕੋਈ ਰਿਸ਼ਵਤ ਤਾਂ ਨਹੀਂ ਲਈ ਗਈ? ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਵੀ ਸਮੇਂ ਸਮੇਂ 'ਤੇ ਤਹਿਸੀਲਾਂ ਦਾ ਅਚਨਚੇਤ ਦੌਰਾ ਕਰਨਗੇ ਅਤੇ ਅਧਿਕਾਰੀਆਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲੈਣਗੇ।ਉਨ੍ਹਾਂ ਕਿਹਾ ਕਿ ਈਜੀ ਰਜਿਸਟਰੀ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ।ਮੀਟਿੰਗ ਦੌਰਾਨ ਐਸ.ਡੀ.ਐਮ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ ਅਮਲੋਹ ਚੇਤਨ ਬੰਗੜ, ਐਸ.ਡੀ.ਐਮ ਬਸੀ ਪਠਾਣਾ ਹਰਵੀਰ ਕੌਰ, ਜਿ਼ਲ੍ਹਾ ਮਾਲ ਅਫ਼ਸਰ ਕਰੁਣ ਗੁਪਤਾ ਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।