ਸ੍ਰੀ ਫਤਿਹਗੜ੍ਹ ਸਾਹਿਬ/26 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜਿਲਾ ਹਸਪਤਾਲ ਵਿੱਚ ਪੀ.ਐਮ.ਐਸ.ਐਮ.ਏ (ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ) ਦਿਵਸ ਮੌਕੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾਂ ਰਹਿੰਦਿਆਂ ਉਹਨਾਂ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਮਹੀਨੇ ਵਿੱਚ ਦੋ ਵਾਰ ਇਹ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਇਸ ਦਿਵਸ ਤਹਿਤ ਗਰਭਵਤੀ ਔਰਤਾਂ ਲਈ ਲਗਾਏ ਗਏ ਜਾਂਚ ਕੈਂਪ ਦੌਰਾਨ ਵਿਸ਼ੇਸ਼ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਤੇ ਗਰਭਵਤੀ ਔਰਤਾਂ ਨੂੰ ਸਿਹਤ ਤੇ ਖੁਰਾਕ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਉਨ੍ਹਾਂ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕਰਦਿਆਂ ਆਪਣਾ ਜਣੇਪਾ ਸਰਕਾਰੀ ਸੰਸਥਾ ਵਿਚ ਹੀ ਕਰਵਾਉਣ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾ ਕਿਹਾ ਕਿ ਸਰਕਾਰੀ ਸੰਸਥਾਵਾਂ ਵਿਚ ਸਰਕਾਰ ਵੱਲੋਂ ਪ੍ਰੈਗਨੈਂਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਇਸ ਮੌਕੇ ਤੇ ਜਿਲਾ ਡੈਂਟਲ ਸਿਹਤ ਅਫਸਰ ਡਾ. ਪਾਰੁਲ ਗੁਪਤਾ ,ਔਰਤ ਰੋਗਾਂ ਦੇ ਮਾਹਰ ਡਾ. ਪੁਨੀਤ,ਡਾ. ਗਗਨਦੀਪ ਕੌਰ ,ਜਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸ਼ੀਤਿਜ ਸੀਮਾ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਸੁਪਰਵਾਈਜ਼ਰ ਜਸਵਿੰਦਰ ਕੌਰ,ਕੌਂਸਲਰ ਬਲਜੀਤ ਸਿੰਘ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਗਰਭਵਤੀ ਔਰਤਾਂ ਹਾਜ਼ਰ ਸਨ।