ਸ੍ਰੀ ਫ਼ਤਹਿਗੜ੍ਹ ਸਾਹਿਬ/30 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)
ਵਿਸ਼ਵ ਮਨੁੱਖੀ ਤਸਕਰੀ ਵਿਰੋਧੀ ਦਿਵਸ ਦੇ ਮੌਕੇ ਤੇ ਅੱਜ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜਿ਼ਲ੍ਹਾ ਤੇ ਸੈਸ਼ਨ ਜੱਜ ਅਰੁਣ ਕੁਮਾਰ ਗੁਪਤਾ, ਐਸ.ਐਸ.ਪੀ. ਸ਼ੁਭਮ ਅਗਰਵਾਲ ਅਤੇ ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੋਕ ਕੁਮਾਰ ਚੌਹਾਨ ਨੇ ਬ੍ਰਾਹਮਣ ਮਾਜਰਾ ਨਜ਼ਦੀਕ ਸਥਿਤ ਬਸਤੀ ਵਿਖੇ ਰਹਿੰਦੇ ਲੋਕਾਂ ਨੂੰ ਮਨੁੱਖੀ ਤਸਕਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਗਰੂਕ ਕੀਤਾ ਅਤੇ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਜਿ਼ਲ੍ਹਾ ਤੇ ਸੈਸ਼ਨ ਜੱਜ ਅਰੁਣ ਕੁਮਾਰ ਗੁਪਤਾ ਨੇ ਕਿਹਾ ਕਿ ਬੱਚਿਆਂ ਦੀ ਤਸਕਰੀ, ਬੱਚਿਆਂ ਤੋਂ ਮਜ਼ਦੂਰੀ ਕਰਵਾਉਣ, ਸਰੀਰਕ ਜਾਂ ਮਾਨਸਿਕ ਸੋਸ਼ਣ ਜਿਹੇ ਘਿਨੌਣੇ ਅਪਰਾਧਾਂ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਉਪਰਾਲੇ ਕਰਨੇ ਪੈਣਗੇ ਅਤੇ ਇਸ ਮਾਮਲੇ ਵਿੱਚ ਵਧੇਰੇ ਚੌਕਸੀ ਰੱਖਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਜਿ਼ਲ੍ਹਾ ਪੁਲਿਸ ਇਸ ਪੱਖੋਂ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਅਜਿਹੀਆਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵਿੱਚ ਕਾਰਜਸ਼ੀਲ ਹੈ।ਉਨ੍ਹਾਂ ਇਸ ਦੌਰਾਨ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਬ੍ਰਾਹਮਣ ਮਾਜਰਾ ਵਿਖੇ ਸਥਿਤ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ਾ ਪੀੜਤਾਂ ਨੂੰ ਮਿਆਰੀ ਇਲਾਜ ਸੁਵਿਧਾਵਾਂ ਦੇ ਕੇ ਤੰਦਰੁਸਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਮਾਜ ਵਿੱਚ ਨੇਕ ਨਾਗਰਿਕ ਵਜੋਂ ਵਿਚਰਨ ਦੇ ਸਮਰੱਥ ਬਣ ਸਕਣ।ਜਿ਼ਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦੀਆਂ ਆਦਤਾਂ ਤੇ ਨਜ਼ਰ ਰੱਖਣ ਤਾਂ ਜੋ ਉਹ ਕਿਸੇ ਵੀ ਮਾੜੀ ਸੰਗਤ ਦਾ ਸਿ਼ਕਾਰ ਨਾ ਹੋ ਸਕਣ।