ਸ੍ਰੀ ਫ਼ਤਹਿਗੜ੍ਹ ਸਾਹਿਬ/4 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਤੇ ਸਰਹਿੰਦ ਸ਼ਹਿਰ ਦੇ ਨਿਵਾਸੀਆਂ ਨੂੰ ਅੱਜ ਇੱਕ ਵੱਡਾ ਤੋਹਫ਼ਾ ਦਿੰਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਦੀ ਮੌਜੂਦਗੀ ਵਿੱਚ, ਸਰਹਿੰਦ ਸ਼ਹਿਰ ਦੇ ਨੈਣਾਂ ਦੇਵੀ ਮੰਦਰ ਨਜ਼ਦੀਕ 5.68 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦਸਿਆ ਕਿ ਇਹ ਪ੍ਰੋਜੈਕਟ ਅਗਲੇ ਕਰੀਬ 8 ਮਹੀਨਿਆਂ ਅੰਦਰ ਮੁਕੰਮਲ ਹੋਵੇਗਾ ਅਤੇ ਇਸ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲਣ ਦੇ ਨਾਲ ਨਾਲ ਸੀਵਰੇਜ ਦੀ ਸਮੱਸਿਆ ਤੋਂ ਸਥਾਈ ਤੌਰ 'ਤੇ ਛੁਟਕਾਰਾ ਮਿਲ ਜਾਵੇਗਾ ਤੇ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ।ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ।