ਬੱਲਾਂ (ਜਲੰਧਰ), 7 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਤਕਰੀਬਨ 3.4 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਅਤੇ ਮੁੱਖ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ।
ਮੁੱਖ ਮੰਤਰੀ ਅੱਜ ਇੱਥੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ।
ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਕਰ ਕੇ ਉਹ ਧੰਨ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਮਾਰਗ `ਤੇ ਚੱਲਦਿਆਂ ਪੰਜਾਬ ਸਰਕਾਰ ਨੇ ਸਿਹਤ, ਰੋਜ਼ਗਾਰ ਅਤੇ ਹੋਰ ਮੁੱਖ ਖੇਤਰਾਂ ਦੇ ਨਾਲ-ਨਾਲ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ ਅਤੇ ਜਸਵੀਰ ਸਿੰਘ ਗਿਲ, ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਅਤੇ ਹੋਰ ਹਾਜ਼ਰ ਸਨ।