ਸ੍ਰੀ ਫ਼ਤਹਿਗੜ੍ਹ ਸਾਹਿਬ/14 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸੰਦੇਸ਼ ਘਰੋ ਘਰੀ ਪਹੁੰਚਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਖਾਲਸਾ ਪੰਥ ਵੱਲੋਂ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਦਸਮ ਪਾਤਸ਼ਾਹ ਦਾ ਗੁਰਤਾਗੱਦੀ ਦਿਵਸ ਦੀਆਂ 350 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਉਲੀਕੇ ਗਏ ਹਨ। ਇਸ ਸਬੰਧੀ ਅੱਜ ਵਿਸ਼ੇਸ਼ ਜਥਾ ਮੋਹਾਲੀ ਤੋਂ ਧਰਮ ਪ੍ਰਚਾਰ ਮੁਹਿੰਮ ਲਈ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਪੂਣੇ ਨੂੰ ਰਵਾਨਾ ਹੋਇਆ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਇਨ੍ਹਾਂ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆ ਦਸਿਆ ਹੈ ਕਿ ਇਨ੍ਹਾਂ ਸ਼ਤਾਬਦੀਆਂ ਦੀ ਰੋਸ਼ਨੀ ਵਿੱਚ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸੁਯੋਗ ਅਗਵਾਈ ਹੇਠ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਮਹਾਂਰਾਸਟਰ ਦੇ ਵੱਖ-ਵੱਖ ਸ਼ਹਿਰਾਂ ਕਸਬਿਆਂ ਦੇ ਗੁਰੂਘਰਾਂ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨਾਂ ਦੀ ਗੁਰਮਤਿ ਜੁਗਤਿ ਅਨੁਸਾਰੀ ਪ੍ਰਚਾਰ ਮੁਹਿੰਮ ਅਰੰਭੀ ਗਈ ਹੈ। ਉਨ੍ਹਾਂ ਦਸਿਆ ਕਿ 15 ਅਗਸਤ ਨੂੰ ਹਵਾਈ ਜਹਾਜ ਰਾਹੀਂ ਬਾਬਾ ਬਲਬੀਰ ਸਿੰਘ 96 ਕਰੋੜੀ ਆਪਣੇ ਜਥੇ ਅਤੇ ਇਤਿਹਾਸਕ ਨਿਸ਼ਾਨੀਆਂ ਸਮੇਤ ਪੂਣੇ ਹਵਾਈ ਅੱਡੇ ਪੁਜਣਗੇ। ਸ਼ਸਤਰਾਂ ਨੂੰ ਪੂਰੇ ਸਤਿਕਾਰ ਅਤੇ ਸਿੱਖੀ ਜਾਹੋ ਜਲਾਲ ਨਾਲ ਪੂਣੇ ਦੀ ਸੰਗਤ ਵੱਲੋਂ ਇਕ ਵਿਸ਼ੇਸ਼ ਨਗਰ ਕੀਰਤਨ ਦੀ ਸ਼ਕਲ ਵਿਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੈਂਪ ਵਿਖੇ ਲਿਜਾਇਆ ਜਾਵੇਗਾ।