ਚੰਡੀਗੜ੍ਹ, 14 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।
ਕੈਬਨਿਟ ਨੇ ਪੰਜਾਬੀ ਸਹਿਕਾਰੀ ਸੁਸਾਇਟੀਆਂ ਐਕਟ 1961 ਵਿੱਚ ਸੋਧ ਅਤੇ ਸਹਿਕਾਰੀ ਸੁਸਾਇਟੀਆਂ ਦੀਆਂ ਕੁੱਝ ਸ਼ੇ੍ਰਣੀਆਂ ਲਈ ਅਸ਼ਟਾਮ ਡਿਊਟੀ ਤੇ ਰਜਿਸਟਰੇਸ਼ਨ ਫੀਸ ਛੋਟਾਂ ਵਾਪਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਸਹਿਕਾਰੀ ਸੁਸਾਇਟੀਆਂ ਐਕਟ 1961 ਤਹਿਤ ਲਾਜ਼ਮੀ ਰਜਿਸਟਰੇਸ਼ਨ ਲਈ ਛੋਟਾਂ ਦਿੱਤੀਆਂ ਗਈਆਂ ਸਨ, ਜੋ ਅਸਲ ਵਿੱਚ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਨ ਪਰ ਇਸ ਨਾਲ ਇਕ ਅਜਿਹੀ ਸਥਿਤੀ ਪੈਦਾ ਹੋ ਗਈ, ਜੋ ਜਾਇਦਾਦ ਦੇ ਲੈਣ-ਦੇਣ (ਖਾਸ ਕਰ ਕੇ ਸ਼ਹਿਰੀ ਹਾਊਸਿੰਗ ਸਭਾਵਾਂ ਵਿੱਚ) ਨੂੰ ਰਸਮੀ ਰਜਿਸਟਰੇਸ਼ਨ ਜਾਂ ਅਸ਼ਟਾਮ ਡਿਊਟੀ ਅਤੇ ਰਜਿਸਟਰੇਸ਼ਨ ਫੀਸ ਦੇ ਭੁਗਤਾਨ ਤੋਂ ਬਿਨਾਂ ਹੋਣ ਦੀ ਆਗਿਆ ਦਿੰਦੀ ਸੀ।
ਇਸ ਨਾਲ ਗ਼ੈਰ ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਕਾਨੂੰਨੀ ਪੱਖੋਂ ਜ਼ੋਖ਼ਿਮ ਵਾਲੇ ਹੋਰ ਪ੍ਰਬੰਧਾਂ ਨੂੰ ਹੁਲਾਰਾ ਮਿਲਿਆ। ਇਸ ਲਈ ਇਸ ਐਕਟ ਦੀ ਧਾਰਾ 37 ਵਿੱਚ ਸੋਧ ਕਰ ਕੇ ਧਾਰਾ 2 ਅਤੇ 3 ਜੋੜੀ ਗਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਸਰਕਾਰੀ ਗਜ਼ਟ ਵਿੱਚ ਨੋਟੀਫਿਕੇਸ਼ਨ ਰਾਹੀਂ ਇਹ ਨਿਰਦੇਸ਼ ਦੇ ਸਕਦੀ ਹੈ ਕਿ ਉਪ ਧਾਰਾ (1) ਜਾਂ ਇਸ ਦੇ ਕਿਸੇ ਵੀ ਹਿੱਸੇ ਅਧੀਨ ਸਹਿਕਾਰੀ ਸਭਾਵਾਂ ਦੇ ਅਜਿਹੇ ਵਰਗ ਜਾਂ ਵਰਗਾਂ ਜਾਂ ਵਿਸ਼ੇਸ਼ ਪ੍ਰਬੰਧਾਂ ਦੀਆਂ ਅਜਿਹੀਆਂ ਸ਼ੇ੍ਰਣੀਆਂ ਜਿਵੇਂ ਕਿ ਨੋਟੀਫਿਕੇਸ਼ਨ ਵਿੱਚ ਦਰਸਾਇਆ ਜਾ ਸਕਦਾ ਹੈ, ਮੁਤਾਬਕ ਛੋਟ ਹੋਵੇਗੀ।