ਸ੍ਰੀ ਫਤਿਹਗੜ੍ਹ ਸਾਹਿਬ/16 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਜਿਲਾ ਹਸਪਤਾਲ ਫਤਿਹਗੜ੍ਹ ਸਾਹਿਬ 'ਚ ਸਿਹਤ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਦੇਸ਼ ਦੀ ਆਜ਼ਾਦੀ ਦਾ 79ਵਾਂ ਸੁਤੰਤਰਤਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਜਿਲੇ ਦੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਬਤੌਰ ਮੁੱਖ ਮਹਿਮਾਨ ਸਿਰਕਤ ਕਰਕੇ ਤਿਰੰਗਾ ਝੰਡਾ ਲਹਿਰਾਇਆ ਗਿਆ। ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਸਮਾਗਮ ਵਿੱਚ ਸਿਵਿਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਸਮੂਹ ਸਟਾਫ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਸੁਤੰਤਰਤਾ ਸੈਨਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਕਾਰ ਕਰਦੇ ਹੋਏ ਦੇਸ਼ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ।