ਸ੍ਰੀ ਫ਼ਤਹਿਗੜ੍ਹ ਸਾਹਿਬ/ 26 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਬੂਥ ਲੈਵਲ ਏਜੰਟ ਨਿਯੁਕਤ ਕਰਨ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਵਧੀਕ ਜ਼ਿਲ੍ਹਾ ਚੋਣ ਅਫਸਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੂਥ ਲੈਵਲ ਏਜੰਟਾਂ ਨੂੰ ਸਬੰਧਤ ਪੋਲਿੰਗ ਸਟੇਸ਼ਨ ਦੇ ਬੂਥ ਲੈਵਲ ਅਫਸਰਾਂ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੂਥ ਲੈਵਲ ਏਜੰਟਾਂ ਨੂੰ ਨਵੀਂਆਂ ਵੋਟਾਂ ਬਣਾਉਣ, ਨਾਮ ਕਟਵਾਉਣ, ਸੋਧਣ ਅਤੇ ਤਬਦੀਲ ਕਰਨ ਲਈ ਲੋੜੀਂਦੇ ਫਾਰਮ ਭਰਨ ਵਿੱਚ ਨਾਗਰਿਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਜ਼ਿਲ੍ਹੇ ਵਿੱਚ ਇੱਕ ਜਾਂ ਇੱਕ ਤੋਂ ਵੱਧ ਵਿਅਕਤੀਆਂ ਨੂੰ ਬੀ.ਐਲ.ਏ.-1 ਪ੍ਰੋਫਾਰਮੇ ਵਿੱਚ ਅਧਿਕਾਰਤ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਜਾਂ ਸਥਾਨਕ ਅਥਾਰਟੀ ਦੀ ਸੇਵਾ ਕਰ ਰਿਹਾ ਵਿਅਕਤੀ, ਬੂਥ ਲੈਵਲ ਏਜੰਟ ਵਜੋਂ ਕੰਮ ਨਹੀਂ ਕਰ ਸਕਦਾ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਪ੍ਰਤੀ ਪੋਲਿੰਗ ਸਟੇਸ਼ਨ ਵਿੱਚ ਵੋਟਰਾਂ ਦੀ ਗਿਣਤੀ 1200 ਤੱਕ ਨਿਰਧਾਰਤ ਕੀਤੀ ਗਈ ਹੈ ਅਤੇ ਜ਼ਿਲ੍ਹੇ ਵਿੱਚ 1200 ਤੋਂ ਵੱਧ ਵੋਟਾਂ ਵਾਲੇ 23 ਪੋਲਿੰਗ ਬੂਥ ਹਨ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਉਹ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੌਰਾਨ ਪੋਲਿੰਗ ਬੂਥ ਨਵੇਂ ਬਣਵਾਉਣਾ ਚਾਹੁੰਦੇ ਹਨ ਤਾਂ ਉਹ ਆਪਣੇ ਸੁਝਾਅ ਦੇਣ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਪਾਉਣ ਵਿੱਚ ਦੂਰ ਨਾ ਜਾਣਾ ਪਵੇ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਨਵਦੀਪ ਸਿੰਘ ਨਵੀ, ਇੰਡੀਅਨ ਨੈਸ਼ਨਲ ਕਾਂਗਰਸ ਦੇ ਅਸ਼ੋਕ ਗੌਤਮ, ਸ਼੍ਰੋਮਣੀ ਅਕਾਲੀ ਦਲ (ਬ) ਦੇ ਅਮਿਤ ਝਾਂਜੀ, ਬਹੁਜਨ ਸਮਾਜ ਪਾਰਟੀ ਦੇ ਮੋਹਣ ਸਿੰਘ ਭੱਟਮਾਜਰਾ, ਚੋਣ ਤਹਿਸੀਲਦਾਰ ਨਿਰਮਲਾ ਰਾਣੀ, ਚੋਣ ਕਾਨੂੰਗੋ ਕੁਲਵਿੰਦਰ ਕੌਰ, ਚੋਣ ਕਾਨੂੰਗੋ ਰਾਜਪਾਲ ਸਿੰਘ ਹਾਜ਼ਰ ਸਨ।