ਸ੍ਰੀ ਫ਼ਤਹਿਗੜ੍ਹ ਸਾਹਿਬ/11 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਨੈਸ਼ਨਲ ਰੈਬੀਜ਼ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿੱਚ ਕੁੱਤਿਆਂ ਤੇ ਹੋਰ ਜਾਨਵਰਾਂ ਦੇ ਕੱਟਣ ਕਾਰਨ ਹੁੰਦੇ ਹਲਕਾਅ ਤੋਂ ਬਚਾਅ ਲਈ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀਕਾਕਰਨ ਸਮੇਤ ਹੋਰ ਸਾਰੇ ਪੁਖਤਾ ਇੰਤਜਾਮ ਕੀਤੇ ਗਏ ਹਨ ਤੇ ਜ਼ਿਲ੍ਹੇ ਵਿੱਚ ਸਥਿਤ 20 ਆਮ ਆਦਮੀ ਕਲੀਨਿਕ ਤੇ 8 ਸਰਕਾਰੀ ਸਿਹਤ ਸੰਸਥਾਵਾਂ ਵਿੱਚ ਏ.ਆਰ.ਵੀ. (ਐਂਟੀ ਰੈਬੀਜ਼ ਵੈਕਸੀਨੇਸ਼ਨ) ਤੇ ਏ.ਆਰ.ਐਸ. ਉਪਲਬਧ ਕਰਵਾਈ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਨੈਸ਼ਨਲ ਰੈਬੀਜ਼ ਕੰਟਰੋਲ ਪ੍ਰੋਗਰਾਮ ਅਧੀਨ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾ, ਅਮਲੋਹ, ਚਨਾਰਥਲ ਕਲਾਂ, ਖੇੜਾ ਅਤੇ ਨੰਦਪੁਰ ਕਲੌੜ ਵਿਖੇ ਵੈਕਸੀਨੇਸ਼ਨ ਸੈਂਟਰ ਕਾਰਜਸ਼ੀਲ ਹਨ ਜਿਥੇ ਕਿ ਹਲਕਾਅ ਤੋਂ ਬਚਾਅ ਲਈ ਟੀਕੇ ਤੇ ਲੋੜੀਂਦੀਆਂ ਦਵਾਈਆਂ ਮੌਜੂਦ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਵਾਰਾ ਕੁੱਤਿਆਂ ਦੀ ਨਸਬੰਦੀ ਤੇ ਟੀਕਾਕਰਨ ਲਈ ਵਿਆਪਕ ਯੋਜਨਾ ਉਲੀਕੀ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।