ਚੰਡੀਗੜ੍ਹ, 30 ਸਤੰਬਰ
ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਕਿਸਾਨਾਂ ਨੂੰ ਖੇਤਾਂ ਵਿੱਚੋਂ ਰੇਤ ਕੱਢਣ ਲਈ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਚਾਰ-ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਜਿਸਦਾ ਖੇਤ, ਉਸਦੀ ਰੇਤ' ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਹੜ੍ਹਾਂ ਕਾਰਨ ਇਕੱਠੀ ਹੋਈ ਰੇਤ ਤੇ ਗਾਰ ਕੱਢਣ ਅਤੇ ਜੇਕਰ ਉਹ ਚਾਹੁਣ ਤਾਂ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਡੁੱਬੇ ਪਿੰਡਾਂ ਦੇ ਕਈ ਖੇਤਾਂ ਵਿੱਚ ਰੇਤ ਅਤੇ ਗਾਰ ਜਮ੍ਹਾਂ ਹੋ ਗਈ ਹੈ, ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਇਸ ਨੂੰ ਕੱਢਣ ਦੀ ਆਗਿਆ ਦਿੱਤੀ ਜਾਵੇ।