ਨਵੀਂ ਦਿੱਲੀ, 1 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਇੱਥੇ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਹੜ੍ਹ ਪੀੜਤਾਂ ਨੂੰ ਐਸ.ਡੀ.ਆਰ.ਐਫ./ਐਨ.ਡੀ.ਆਰ.ਐਫ. ਤੋਂ ਮੁਆਵਜ਼ਾ ਦਿਵਾਉਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਦਹਾਕਿਆਂ ਬਾਅਦ ਆਪਣੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇਕ ਦਾ ਸਾਹਮਣਾ ਕੀਤਾ ਹੈ, ਜਿਸ ਨਾਲ 2614 ਪਿੰਡਾਂ ਦੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ, 6.87 ਲੱਖ ਲੋਕ ਬੇਘਰ ਹੋਏ ਹਨ।