ਕਾਲਝਰਾਨੀ (ਬਠਿੰਡਾ), 10 ਅਕਤੂਬਰ
ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਸਿਖ਼ਰ ਉੱਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੀ ਇਕ ਵੱਡ-ਆਕਾਰੀ ਯੋਜਨਾ ਦੀ ਸ਼ੁਰੂਆਤ ਕੀਤੀ।
ਇੱਥੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰੀਰਿਕ ਸਿਹਤ ਅਤੇ ਮਨ ਦੀ ਤੰਦਰੁਸਤੀ ਲਈ ਪੰਜਾਬ ਭਰ ਵਿੱਚ 3100 ਤੋਂ ਵੱਧ ਨਵੇਂ ਖੇਡ ਮੈਦਾਨ ਸਥਾਪਤ ਕਰਨ ਦਾ ਕੰਮ ਅੱਜ ਸ਼ੁਰੂ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਰੰਗਲਾ ਪੰਜਾਬ’ ਮੁਹਿੰਮ ਨੂੰ ਸਿਖ਼ਰ ਉੱਤੇ ਲੈ ਜਾ ਕੇ ਮਹੱਤਵਪੂਰਨ ਯੋਗਦਾਨ ਪਾਉਣਗੇ।