ਚੰਡੀਗੜ੍ਹ, 13 ਅਕਤੂਬਰ
ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁਦਰਤੀ ਆਫਤਾਂ ਕਾਰਨ ਖਰਾਬ ਹੋਈਆਂ ਫਸਲਾਂ ਅਤੇ ਘਰਾਂ ਦੇ ਨੁਕਸਾਨ ਲਈ ਪੀੜਤ ਲੋਕਾਂ ਨੂੰ ਢੁਕਵੀਂ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਨੁਕਸਾਨ ਦੀ ਭਰਪਾਈ ਲਈ ਸੂਬੇ ਦੇ ਬਜਟ ਵਿੱਚੋਂ ਮੁਆਵਜ਼ਾ ਦੇਣ ਵਾਸਤੇ ਰਾਹਤ ਰਾਸ਼ੀ ਦੀਆਂ ਸੋਧੀਆਂ ਹੋਈਆਂ ਦਰਾਂ ਨੂੰ ਕਾਰਜ-ਬਾਅਦ ਮਨਜ਼ੂਰੀ ਦੇ ਦਿੱਤੀ ਹੈ। ਸੂਬੇ ਨੂੰ ਇਸ ਸਾਲ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਕਰਕੇ ਰਾਹਤ ਰਾਸ਼ੀ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ।