ਤਰਨਤਾਰਨ, 27 ਅਕਤੂਬਰ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਕਿਹਾ ਕਿ ਇਹ ਚੋਣ ਰਵਾਇਤੀ ਸਿਆਸਤ ਅਤੇ 'ਆਮ ਆਦਮੀ' ਦੀ ਸਰਕਾਰ ਦੇ ਕੰਮਾਂ ਵਿਚਾਲੇ ਫੈਸਲਾ ਕਰੇਗੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਗਏ ਇਤਿਹਾਸਕ ਕੰਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਤਰਨਤਾਰਨ ਦੇ ਲੋਕ ਹੁਣ ਸਿਰਫ਼ ਵਾਅਦੇ ਨਹੀਂ, ਸਗੋਂ ਜ਼ਮੀਨ 'ਤੇ ਹੋਇਆ ਅਸਲ ਕੰਮ ਦੇਖ ਕੇ ਵੋਟ ਪਾਉਣਗੇ। ਸੰਧੂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸਿਰਫ਼ 30 ਦਿਨਾਂ ਦੇ ਅੰਦਰ ਪੀੜਤਾਂ ਦੇ ਖਾਤਿਆਂ ਵਿੱਚ ਰਾਹਤ ਰਾਸ਼ੀ ਪਹੁੰਚਾ ਕੇ ਇੱਕ ਨਵਾਂ ਰਿਕਾਰਡ ਦਰਜ ਕੀਤਾ ਹੈ।
'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਦੇ ਗਲਿਆਰਿਆਂ ਵਿੱਚੋਂ ਨਿਕਲ ਕੇ ਸਿੱਧਾ ਖੇਤਾਂ, ਮੰਡੀਆਂ ਅਤੇ ਪਿੰਡਾਂ ਵਿੱਚ ਆ ਕੇ ਲੋਕਾਂ ਦਾ ਹੱਥ ਫੜਿਆ ਹੈ। ਇਹ ਸਿਰਫ਼ ਸਿਆਸੀ ਪ੍ਰਦਰਸ਼ਨ ਨਹੀਂ, ਸਗੋਂ ਇੱਕ ਨਵੀਂ ਸ਼ਾਸਨ ਸ਼ੈਲੀ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਜਦੋਂ ਹੜ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੀ ਕਮਰ ਤੋੜੀ, ਤਾਂ ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਪੂਰਾ ਕਰਦਿਆਂ, ਹਾਲ ਹੀ ਵਿੱਚ ਨੁਕਸਾਨੀ ਗਈ ਲਗਭਗ ਪੰਜ ਲੱਖ ਏਕੜ ਜ਼ਮੀਨ ਲਈ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਉਣ ਦਾ ਇਤਿਹਾਸਕ ਫੈਸਲਾ ਲਿਆ।