ਤਰਨਤਾਰਨ, 31 ਅਕਤੂਬਰ:
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿਵੇਂ-ਜਿਵੇਂ ਨੇੜੇ ਆ ਰਹੀ ਹੈ, ਲੋਕਾਂ ਦਾ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਸਮਰਥਨ ਅਤੇ ਵਿਸ਼ਵਾਸ ਵੀ ਵੱਧ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਕਸੇਲ ਵਿਖੇ 'ਆਪ' ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਵਾਸੀਆਂ ਨੇ ਇਕਜੁੱਟ ਹੋ ਕੇ ਸੰਧੂ ਨੂੰ ਜਿਤਾ ਕੇ ਵਿਧਾਨਸਭਾ ਭੇਜਣ ਦਾ ਐਲਾਨ ਕੀਤਾ।
ਪਿੰਡ ਕਸੇਲ ਵਿਖੇ ਪ੍ਰਧਾਨ ਸਾਹਿਬ ਸਿੰਘ ਬਾਲਮੀਕੀ, ਤਰਸੇਮ ਸਿੰਘ ਨਾਥ ਅਤੇ ਕੁਲਦੀਪ ਸਿੰਘ ਜੀ ਦੇ ਵਿਸ਼ੇਸ਼ ਸਹਿਯੋਗ ਨਾਲ ਇੱਕ ਪ੍ਰਭਾਵਸ਼ਾਲੀ ਮੀਟਿੰਗ ਹੋਈ। ਇਸ ਮੌਕੇ ਪਾਰਟੀ ਆਗੂਆਂ ਨੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਆਗੂਆਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ 'ਆਪ' ਸਰਕਾਰ ਉਨ੍ਹਾਂ ਦੀਆਂ ਸਾਰੀਆਂ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ।