ਸ੍ਰੀਨਗਰ (ਜੰਮੂ-ਕਸ਼ਮੀਰ), 19 ਨਵੰਬਰ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਇੱਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸਿੱਖ ਸੰਗਤ ਨਾਲ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ।
ਇਕੱਠ ਨੂੰ ਸੰਬੋਧਨ ਕਰਦਿਆਂ, 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਸਹਿਣਸ਼ੀਲਤਾ, ਧਰਮ ਮੰਨਣ ਦੀ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲਿਦਾਨ ਦੇ ਸੰਦੇਸ਼ ਨੂੰ ਫੈਲਾਉਣ ਦਾ ਸਾਰਥਕ ਮੌਕਾ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਬਣਿਆ ਹੋਇਆ ਹੈ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਮਹਾਨ ਸਮਾਗਮ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ।