ਚੰਡੀਗੜ੍ਹ, 21 ਨਵੰਬਰ
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਯੂਨੀਵਰਸਿਟੀ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਉਸ 'ਤੇ ਦੋਹਰਾ ਮਾਪਦੰਡ ਅਪਨਾਉਣ ਦਾ ਦੋਸ਼ ਲਗਾਇਆ ਹੈ। 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਆਪਣੀ ਗੁਆਚੀ ਰਾਜਨੀਤਿਕ ਜ਼ਮੀਨ ਮੁੜ ਪ੍ਰਾਪਤ ਕਰਨ ਲਈ ਪੰਜਾਬ ਯੂਨੀਵਰਸਿਟੀ ਵਰਗੇ ਸੰਵੇਦਨਸ਼ੀਲ ਮੁੱਦੇ 'ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਬੀਤੇ ਦਿਨੀਂ ਸੁਖਬੀਰ ਬਾਦਲ ਨੇ ਪੰਜਾਬ ਯੂਨੀਵਰਸਿਟੀ ਪਹੁੰਚ ਕੇ ਦਾਅਵਾ ਕੀਤਾ ਸੀ ਕਿ ਅਕਾਲੀ ਦਲ ਯੂਨੀਵਰਸਿਟੀ ਨੂੰ ਬਚਾਉਣ ਦੀ ਲੜਾਈ ਲੜੇਗਾ। ਪੰਨੂ ਨੇ ਇੱਕ ਪੁਰਾਣੀ ਸਰਕਾਰੀ ਚਿੱਠੀ ਦਾ ਹਵਾਲਾ ਦਿੰਦਿਆਂ ਸੁਖਬੀਰ ਬਾਦਲ ਦੇ ਬਿਆਨ ਨੂੰ ਹਾਸੋਹੀਣੀ ਦੱਸਿਆ ਅਤੇ ਖੁਲਾਸਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਨੇ ਹੀ ਲਿਖਤੀ ਰੂਪ ਵਿੱਚ 'ਨੋ ਓਬਜੈਕਸ਼ਨ' ਦਿੱਤਾ ਸੀ ਕਿ ਜੇਕਰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕੀਤਾ ਜਾਂਦਾ ਹੈ, ਤਾਂ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਉਹੀ ਲੋਕ ਯੂਨੀਵਰਸਿਟੀ ਬਚਾਉਣ ਦੀਆਂ ਗੱਲਾਂ ਕਰ ਰਹੇ ਹਨ, ਜਿਨ੍ਹਾਂ ਨੇ ਖੁਦ ਇਸਨੂੰ ਕੇਂਦਰ ਹਵਾਲੇ ਕਰਨ ਦੀ ਤਿਆਰੀ ਕੀਤੀ ਸੀ।