ਚੰਡੀਗੜ੍ਹ, 22 ਨਵੰਬਰ
ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ "ਫਾਸਟ੍ਰੈਕ ਪੰਜਾਬ ਪੋਰਟਲ" ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਪੋਰਟਲ ਜ਼ਰੀਏ 173 ਸੇਵਾਵਾਂ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਦੀ ਗਤੀ ਤੇਜ਼ ਹੋਵੇਗੀ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਵਾਲੀ "ਸਿੰਗਲ ਵਿੰਡੋ ਵਿਦ ਏ ਸਿੰਗਲ ਪੈੱਨ" ਪ੍ਰਣਾਲੀ ਦੀ ਸ਼ੁਰੂਆਤ ਨਾਲ ਸੂਬੇ ਦੀ ਉਦਯੋਗਿਕ ਨੀਤੀ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਈ ਹੈ।