ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ:
ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਅਤੇ ਗੁਰਦਾਸਪੁਰ ਤੋਂ ਸਜਾਏ 'ਨਗਰ ਕੀਰਤਨ' ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਏ ਜਿਸ ਨਾਲ ਪੂਰੀ ਨਗਰੀ ਖ਼ਾਲਸਾਈ ਜਾਹੋ-ਜਲਾਲ ਨਾਲ ਭਰ ਗਈ ਅਤੇ ਸਾਰਾ ਆਸਮਾਨ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਨਾਅਰਿਆਂ ਨਾਲ ਗੂੰਜ ਉੱਠਿਆ।
ਉਪਰੋਕਤ ਸਥਾਨਾਂ ਤੋਂ ਸਜਾਏ ਨਗਰ ਕੀਰਤਨਾਂ ਦੇ ਨਾਲ-ਨਾਲ ਚਲਦਿਆਂ 'ਸੰਗਤ' ਪੂਰੀ ਸ਼ਰਧਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੀ।
ਮਾਝਾ ਦੋਆਬਾ ਰੂਟ 'ਤੇ ਇਕ ਹੋਰ ਨਗਰ ਕੀਰਤਨ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੰਗਤ ਸਰ ਪਾਠਵਾਲਾ, ਗੁਰਦਾਸਪੁਰ ਤੋਂ ਸ਼ੁਰੂ ਹੋਇਆ ਸੀ। ਇਸ ਨਗਰ ਕੀਰਤਨ ਦੇ ਬਟਾਲਾ, ਬਾਬਾ ਬਕਾਲਾ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਗੋਇੰਦਵਾਲ ਸਾਹਿਬ, ਕਪੂਰਥਲਾ, ਕਰਤਾਰਪੁਰ, ਜਲੰਧਰ, ਫਗਵਾੜਾ, ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਤੋਂ ਹੁੰਦੇ ਹੋਏ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਰ ਰਾਤ ਪਹੁੰਚਣ ਦੀ ਸੰਭਾਵਨਾ ਹੈ।