ਅਨੰਦਪੁਰ ਸਾਹਿਬ, 23 ਨਵੰਬਰ
ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਖੋਹਣ ਦੀ ਕੋਸ਼ਿਸ਼ ਦੀ ਜ਼ੋਰਦਾਰ ਨਿੰਦਾ ਕੀਤੀ।
ਅਨੰਦਪੁਰ ਸਾਹਿਬ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦ੍ਰਿੜਤਾ ਨਾਲ ਕਿਹਾ ਕਿ ਸੂਬੇ ਦੇ 24 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਏ ਚੰਡੀਗੜ੍ਹ ਸ਼ਹਿਰ 'ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਾਜਪਾ ਵੱਲੋਂ ਚੰਡੀਗੜ੍ਹ ਨੂੰ ਖੋਹਣ ਦੀ ਕਿਸੇ ਵੀ ਕੋਸ਼ਿਸ਼ ਖਿਲਾਫ਼ ਦੋ-ਪੱਖੀ ਲੜਾਈ ਲੜੀ ਜਾਵੇਗੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਨੂੰਨੀ ਲੜਾਈ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਸਾਥ ਨਾਲ ਸੜਕ ਤੋਂ ਸੰਸਦ ਤੱਕ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ।