ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਸਿੰਧੂ ਨਦੀ ਦੇ ਪਾਣੀ ਬਾਰੇ ਦਿੱਤੇ ਬਿਆਨ ਕਿ ਅਸੀਂ ਇਸਦਾ ਪਾਣੀ ਪੰਜਾਬ ਨੂੰ ਨਹੀਂ ਦੇਵਾਂਗੇ, 'ਤੇ ਸਵਾਲ ਚੁੱਕੇ ਹਨ ਅਤੇ ਅਬਦੁੱਲਾ 'ਤੇ ਪਾਣੀ ਦੇ ਮੁੱਦੇ 'ਤੇ ਜਾਣਬੁੱਝ ਕੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ।
ਨੀਲ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਦੀਆਂ ਦੇ ਪਾਣੀ ਬਾਰੇ ਫੈਸਲਾ ਲੈਣ ਦਾ ਅਧਿਕਾਰ ਹੈ। ਇਸ ਲਈ, ਉਮਰ ਅਬਦੁੱਲਾ ਇਸ ਮੁੱਦੇ 'ਤੇ ਇਕਤਰਫਾ ਫੈਸਲਾ ਨਹੀਂ ਲੈ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਾਣੀ ਦੀ ਲੋੜ ਹੈ, ਇਸ ਲਈ ਸਿੰਧੂ ਨਦੀ ਤੋਂ ਪੰਜਾਬ ਨੂੰ ਵੀ ਪਾਣੀ ਮਿਲਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਜੰਗ ਦੌਰਾਨ ਭਾਰਤ ਸਰਕਾਰ ਨੇ ਸਿੰਧੂ ਜਲ ਸੰਧੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਸੀ, ਇਸ ਲਈ ਹੁਣ ਭਾਰਤ ਸਰਕਾਰ ਨੂੰ ਬਾਕੀ ਰਹਿੰਦੇ ਪਾਣੀ ਦੀ ਸਹੀ ਵੰਡ ਕਰਨੀ ਚਾਹੀਦੀ ਹੈ ਅਤੇ ਪੰਜਾਬ ਨੂੰ ਉਸਦਾ ਬਣਦਾ ਹਿੱਸਾ ਦੇਣਾ ਚਾਹੀਦਾ ਹੈ।