ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਲੁਧਿਆਣਾ ਵਿੱਚ ਹਜ਼ਾਰਾਂ ਐਨਸੀਸੀ ਕੈਡਿਟਾਂ ਅਤੇ ਐਨਐਸਐਸ ਵਲੰਟੀਅਰਾਂ ਨੇ ਨਸ਼ਿਆਂ ਦਾ ਸੇਵਨ ਨਾ ਕਰਨ ਦੀ ਸਹੁੰ ਚੁੱਕੀ।
ਇਸ ਪ੍ਰੋਗਰਾਮ 'ਚ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਲੁਧਿਆਣਾ ਪੱਛਮੀ ਤੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਦੇ ਨਾਲ ਮੀਡੀਆ ਨੂੰ ਸੰਬੋਧਨ ਕੀਤਾ। ਸਿਸੋਦੀਆ ਨੇ ਕਿਹਾ ਕਿ ਹਜ਼ਾਰਾਂ ਬੱਚਿਆਂ ਵੱਲੋਂ ਨਸ਼ਾ ਨਾ ਕਰਨ ਦੀ ਸਹੁੰ ਚੁੱਕਣ ਨਾਲ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਬਲ ਮਿਲੇਗਾ। ਇਹ ਬਹੁਤ ਵੱਡਾ ਅਤੇ ਨਵਾਂ ਕਦਮ ਹੈ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਬੱਚਾ ਇਹ ਸਹੁੰ ਚੁੱਕ ਰਿਹਾ ਹੈ ਕਿ ਉਹ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਨਸ਼ਾ ਨਹੀਂ ਕਰੇਗਾ ਅਤੇ ਆਪਣੇ ਪਰਿਵਾਰ ਅਤੇ ਆਸ-ਪਾਸ ਦੇ ਲੋਕਾਂ ਨੂੰ ਨਸ਼ੇ ਕਰਨ ਤੋਂ ਰੋਕੇਗਾ ਅਤੇ ਜੇਕਰ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਉਹ ਪੁਲਿਸ ਅਤੇ ਸਰਕਾਰ ਨੂੰ ਸੂਚਿਤ ਕਰੇਗਾ।
ਉਨ੍ਹਾਂ ਦੱਸਿਆ ਕਿ ਅੱਜ ਹਜ਼ਾਰਾਂ ਬੱਚਿਆਂ ਨੂੰ ਸਹੁੰ ਚੁਕਾਈ ਗਈ ਅਤੇ 15 ਹਜ਼ਾਰ ਦੇ ਕਰੀਬ ਬੱਚਿਆਂ ਨੇ ਲੁਧਿਆਣਾ ਦੀ ਮੰਡੀ ਵਿੱਚ ਜਾਗਰੂਕਤਾ ਮੁਹਿੰਮ ਚਲਾਈ। ਬੱਚਿਆਂ ਨੇ ਲੋਕਾਂ ਨੂੰ ਨਸ਼ੇ ਨਾ ਕਰਨ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਸਕੂਲਾਂ-ਕਾਲਜਾਂ ਵਿੱਚ ਪੜ੍ਹਣ ਵਾਲੇ ਬੱਚਿਆਂ ਨੂੰ ਸਿੱਖਿਆ ਦੀ ਚੋਣ ਕਰਨੀ ਚਾਹੀਦੀ ਹੈ ਨਾ ਕਿ ਨਸ਼ਿਆਂ ਦੀ।