ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਰਾਸ਼ੀ ਵਿੱਚੋਂ 198.51 ਕਰੋੜ ਰੁਪਏ ਐਸ.ਸੀ ਵਰਗਾਂ ਦੇ 38922 ਵਿਅਕਤੀਆਂ ਨੂੰ ਅਤੇ 102.69 ਕਰੋੜ ਰੁਪਏ ਬੀ.ਸੀ ਵਰਗਾਂ ਦੇ 20136 ਵਿਅਕਤੀਆਂ ਨੂੰ ਜਾਰੀ ਕੀਤੇ ਗਏ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਹੇਠ ਲੜਕੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਕਿ ਅਧਿਕਤਮ ਦੋ ਧੀਆਂ ਦੇ ਵਿਆਹ ਲਈ ਮਿਲ ਸਕਦੀ ਹੈ। ਇਹ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਡੀ.ਬੀ.ਟੀ ਰਾਹੀਂ ਟਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਤੁਰੰਤ ਲਾਭ ਯਕੀਨੀ ਬਣਾਇਆ ਜਾਂਦਾ ਹੈ।